ਅਮਰਿੰਦਰ ਨੇ ਕਾਂਗਰਸੀ ਉਮੀਦਵਾਰਾਂ 'ਚ ਫੇਰਬਦਲ ਦੀ ਸੰਭਾਵਨਾ ਨਕਾਰੀ

ਜਲੰਧਰ (ਧਵਨ)—ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ  ਅਮਰਿੰਦਰ ਸਿੰਘ ਨੇ ਨਗਰ ਨਿਗਮ ਚੋਣਾਂ 'ਚ ਪਾਰਟੀ ਵਲੋਂ ਐਲਾਨੇ ਕਾਂਗਰਸੀ ਉਮੀਦਵਾਰਾਂ 'ਚ ਫੇਰਬਦਲ ਦੀ ਸੰਭਾਵਨਾ ਨੂੰ ਅੱਜ ਪੂਰੀ ਤਰ੍ਹਾਂ ਨਾਲ ਰੱਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ 4 ਸ਼ਹਿਰਾਂ 'ਚ ਨਗਰ ਨਿਗਮ ਦੀਆਂ ਚੋਣਾਂ ਲਈ ਐਲਾਨੀ ਸੂਚੀ ਤੋਂ ਬਾਅਦ ਹੁਣ ਮੁੜ ਵਿਚਾਰ ਨਹੀਂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਾਂਗਰਸ ਨੇਤਾਵਾਂ ਨੂੰ ਪਾਰਟੀ ਅਨੁਸ਼ਾਸਨ ਦੀ ਪੂਰੀ ਤਰ੍ਹਾਂ ਨਾਲ ਪਾਲਣਾ ਕਰਨੀ ਚਾਹੀਦੀ ਹੈ। ਪਾਰਟੀ ਵਿਰੋਧੀ ਸਰਗਰਮੀਆਂ 'ਚ ਸ਼ਾਮਿਲ ਹੋਣ ਤੋਂ ਕਾਂਗਰਸੀ ਨੇਤਾ ਗੁਰੇਜ ਕਰਨ ਕਿਉਂਕਿ ਅਨੁਸ਼ਾਸਨ ਸਾਰਿਆਂ ਲਈ ਇਕ ਬਰਾਬਰ ਹੈ. ਉਨ੍ਹਾਂ ਸਪੱਸ਼ਟ ਕੀਤਾ ਕਿ ਚਾਰੋ ਨਗਰ ਨਿਗਮਾਂ 'ਚ ਸਕ੍ਰੀਨਿੰਗ ਕਮੇਟੀਆਂ ਵਲੋਂ ਕਾਫੀ ਸੋਚ ਵਿਚਾਰ ਕਰਨ ਤੋਂ ਬਾਅਦ ਉਮੀਦਵਾਰਾਂ ਦੇ ਨਾਵਾਂ 'ਤੇ ਆਪਣੀ ਮੋਹਰ ਲਗਾਈ ਗਈ ਸੀ। ਇਸ  ਦੇ ਲਈ ਸਾਰੇ ਕਾਂਗਰਸੀ ਨੇਤਾਵਾਂ ਨੂੰ ਭਰੋਸੇ 'ਚ ਲਿਆ ਗਿਆ ਸੀ।
ਉਨ੍ਹਾਂ ਕਿਹਾ ਕਿ ਪਾਰਟੀ ਉਮੀਦਵਾਰਾਂ ਦਾ ਵਿਰੋਧ ਕਰਨ ਵਾਲੇ ਨੇਤਾਵਾਂ ਨੇ ਜੇਕਰ ਆਪਣੀਆਂ ਸਰਗਰਮੀਆਂ ਬੰਦ ਨਾ ਕੀਤੀਆਂ ਤਾਂ ਉਨ੍ਹਾਂ ਨੂੰ ਪਾਰਟੀ 'ਚੋਂ 6 ਸਾਲਾਂ ਲਈ ਬਰਖਾਸਤ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਸਖਤ ਕਦਮ ਚੁੱਕਣ ਲਈ ਮਜਬੂਰ ਨਹੀਂ ਕੀਤਾ ਜਾਣਾ ਚਾਹੀਦਾ ਅਤੇ ਮਿਲ ਕੇ ਚੋਣ ਜਿੱਤਣ ਦੀਆਂ ਕੋਸ਼ਿਸ਼ਾਂ ਸਾਰਿਆਂ ਨੂੰ ਕਰਨੀਆਂ ਚਾਹੀਦੀਆਂ ਹਨ।